ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈ ਏ ਐੱਸ ਅਧਿਕਾਰੀ ਵਿਜੈ ਕੁਮਾਰ ਜੰਜੂਆ ’ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ ਵਿਭਾਗ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ, 1988 ਦੀ ਧਾਰਾ 19 ਤਹਿਤ 11 ਫਰਵਰੀ ਨੂੰ ਇਹ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਅਲਕਾ ਸਰੀਨ ਦੀ ਅਦਾਲਤ ’ਚ ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੇ ਵਧੀਕ ਸੌਲੀਸਿਟਰ ਜਨਰਲ ਸੱਤਿਆ ਪਾਲ ਜੈਨ ਵੱਲੋਂ ਅਦਾਲਤ ’ਚ ਪੇਸ਼ ਕੀਤੇ ਗਏ ਕੇਂਦਰੀ ਪੱਤਰ ਤੋਂ ਇਸ ਮਨਜ਼ੂਰੀ ਦਾ ਪਤਾ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਚ ਜੰਜੂਆ ਮੁੱਖ ਸਕੱਤਰ ਰਹੇ ਅਤੇ ਉਸ ਤੋਂ ਪਹਿਲਾਂ ਉਦਯੋਗ ਤੇ ਵਣਜ ਵਿਭਾਗ ’ਚ ਡਾਇਰੈਕਟਰ-ਕਮ-ਸਕੱਤਰ ਵੀ ਰਹੇ। ‘ਆਪ’ ਸਰਕਾਰ ਨੇ ਸਤੰਬਰ 2024 ਵਿੱਚ ਵੀ ਕੇ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਚੇਅਰਮੈਨ ਲਗਾ ਦਿੱਤਾ ਸੀ।




