ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਖ਼ਤਮ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਜ ਹੀ ਇਸ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਅੱਗੇ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਤਹਿਤ ਨਜ਼ਰਬੰਦੀ ਦੀ ਮਿਆਦ 23 ਅਪਰੈਲ ਨੂੰ ਖ਼ਤਮ ਹੋ ਰਹੀ ਹੈ। ਖ਼ੁਫੀਆ ਜਾਣਕਾਰੀਆਂ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੂਬਾ ਸਰਕਾਰ ਨੇ ਕਿਹਾ, “ਅਸੀਂ ਉਸ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਉਸ ਨੂੰ ਉੱਥੇ (ਅਸਾਮ) ਹੀ ਨਜ਼ਰਬੰਦ ਰੱਖਿਆ ਜਾਵੇ ਅਤੇ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ।”




